Loading Bible Translation
First-time download in progress. This may take a few seconds…
Punjabi Bible Wordproject Bible
25 verses
1ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ।
2ਨਵਿਆਂ ਜੰਮਿਆਂ ਹੋਇਆਂ ਬੱਚਿਆਂ ਵਾਂਗਰ ਆਤਮਕ ਅਤੇ ਖਾਲਸ ਦੁੱਧ ਦੀ ਲੋਚ ਕਰੋ ਭਈ ਤੁਸੀਂ ਓਸ ਨਾਲ ਮੁਕਤੀ ਲਈ ਵਧਦੇ ਜਾਓ।
3ਜੇਕਰ ਤਾਂ ਤੁਸਾਂ ਸੁਆਦ ਚੱਖ ਕੇ ਵੇਖਿਆ ਭਈ ਪ੍ਰਭੁ ਕਿਰਪਾਲੂ ਹੈ।
4ਜਿਹਦੇ ਕੋਲ ਤੁਸੀਂ ਆਏ ਹੋਏ ਜਾਣੋ ਇੱਕ ਜੀਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰੰਤੂ ਪਰਮੇਸ਼ੁਰ ਦੇ ਭਾਣੇ ਚੁਣਿਆ ਹੋਇਆ ਅਤੇ ਅਮੋਲਕ ਹੈ।
5ਤੁਸੀਂ ਆਪ ਵੀ ਜੀਉਂਦੇ ਪੱਥਰਾਂ ਦੀ ਨਿਆਈਂ ਹੋ ਕੇ ਆਤਮਕ ਘਰ ਉੱਸਰਦੇ ਜਾਓ ਭਈ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਤੁਸੀਂ ਓਹ ਆਤਮਕ ਬਲੀਦਾਨ ਚੜ੍ਹਾਓ ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਭਾਉਂਦੇ ਹਨ।
6ਇਸ ਲਈ ਜੋ ਧਰਮ ਪੁਸਤਕ ਵਿੱਚ ਇਹ ਆਇਆ ਹੈ, — ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਅਮੋਲਕ, ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਪਰਤੀਤ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋ ਵੇਗਾ।
7ਸੋ ਉਹ ਤੁਹਾਡੇ ਲਈ ਜਿਹੜੇ ਨਿਹਚਾ ਕਰਦੇ ਹੋ ਅਮੋਲਕ ਹੈ, ਪਰ ਜਿਹੜੇ ਨਿਹਚਾ ਨਹੀਂ ਕਰਦੇ, — ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
8ਅਤੇ, — ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ। ਓਹ ਅਣਆਗਿਆਕਾਰ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ ਜਿਹ ਦੇ ਲਈ ਓਹ ਠਹਿਰਾਏ ਵੀ ਗਏ ਸਨ।
9ਪਰ ਤੁਸੀਂ ਚੁਣਿਆ ਹੋਇਆ ਵੰਸ, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖਾਸ ਪਰਜਾ ਹੋ ਭਈ ਤੁਸੀਂ ਉਹ ਦਿਆਂ ਗੁਣਾਂ ਦਾ ਪਰਚਾਰ ਕਰੋ ਜਿਹ ਨੇ ਤੁਹਾਨੂੰ ਅਨ੍ਹੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ।
10ਤੁਸੀਂ ਤਾਂ ਅੱਗੇ ਪਰਜਾ ਹੀ ਨਾ ਸਾਓ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ। ਤੁਸਾਂ ਉੱਤੇ ਰਹਮ ਨਾ ਹੋਇਆ ਪਰ ਹੁਣ ਰਹਮ ਹੋਇਆ ਹੈ।
11ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾਂ ਤੋਂ ਪਰੇ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ।
12ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਨੇਕ ਚਾਲ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ।
13ਤੁਸੀਂ ਪ੍ਰਭੁ ਦੇ ਨਮਿੱਤ ਮਨੁੱਖ ਦੇ ਹਰੇਕ ਪਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਇਸ ਲਈ ਜੋ ਉਹ ਸਭਨਾਂ ਤੋਂ ਵੱਡਾ ਹੈ।
14ਭਾਵੇਂ ਹਾਕਮਾਂ ਦੇ ਇਸ ਲਈ ਜੋ ਓਹ ਉਸ ਦੇ ਘੱਲੇ ਹੋਏ ਹਨ ਭਈ ਕੁਕਰਮੀਆਂ ਨੂੰ ਸਜ਼ਾ ਦੇਣ ਅਤੇ ਸੁਕਰਮੀਆਂ ਦੀ ਸੋਭਾ ਕਰਨ।
15ਕਿਉਂ ਜੋ ਪਰਮੇਸ਼ੁਰ ਦੀ ਇੱਛਿਆ ਇਉਂ ਹੈ ਭਈ ਤੁਸੀਂ ਸੁਕਰਮ ਕਰ ਕੇ ਮੂਰਖ ਲੋਕਾਂ ਦੀ ਆਗਿਆਨਤਾ ਦਾ ਮੂੰਹ ਬੰਦ ਕਰ ਦਿਓ।
16ਤੁਸੀਂ ਅਜ਼ਾਦ ਹੋ ਕੇ ਆਪਣੀ ਅਜ਼ਾਦੀ ਨੂੰ ਬੁਰਿਆਈ ਦਾ ਪੜਦਾ ਨਾ ਬਣਾਓ ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਜਾਣੋ।
17ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪ੍ਰੇਮ ਰੱਖੋ, ਪਰਮੇਸ਼ੁਰ ਦਾ ਭੈ ਮੰਨੋ, ਪਾਤਸ਼ਾਹ ਦਾ ਆਦਰ ਕਰੋ।
18ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, — ਨਿਰੇ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਕਰੜੇ ਸੁਭਾਉ ਵਾਲਿਆਂ ਦੇ ਭੀ।
19ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਖ਼ਿਆਲ ਨਾਲ ਬੇਇਨਸਾਫ਼ੀ ਝੱਲ ਕੇ ਦੁਖ ਸਹਿ ਲਵੇ ਤਾਂ ਇਹ ਪਰਵਾਨ ਹੈ।
20ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ? ਪਰ ਜੇ ਤੁਸੀਂ ਸ਼ੁਭ ਕਰਮਾਂ ਦੇ ਕਾਰਨ ਦੁਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪਰਵਾਨ ਹੈ।
21ਕਿਉਂ ਜੋ ਤੁਸੀਂ ਇਸੇ ਕਾਰਨ ਸੱਦੇ ਗਏ ਇਸ ਲਈ ਜੋ ਮਸੀਹ ਵੀ ਤੁਹਾਡੇ ਨਮਿੱਤ ਦੁਖ ਝੱਲ ਕੇ ਇੱਕ ਨਮੂਨਾ ਤੁਹਾਡੇ ਲਈ ਛੱਡ ਗਿਆ ਭਈ ਤੁਸੀਂ ਉਹ ਦੀ ਪੈੜ ਉੱਤੇ ਤੁਰੋ।
22ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਵਲ ਛਲ ਦੀ ਗੱਲ ਨਿੱਕਲੀ।
23ਉਹ ਗਾਲੀਆਂ ਖਾ ਕੇ ਗਾਲੀ ਨਾ ਦਿੰਦਾ ਸੀ ਅਤੇ ਦੁਖ ਪਾ ਕੇ ਦਬਕਾ ਨਾ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਜਥਾਰਥ ਨਿਆਉਂ ਕਰਦਾ ਹੈ।
24ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ। ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ।
25ਤੁਸੀਂ ਤਾਂ ਭੇਡਾਂ ਵਾਂਙੁ ਭਟਕਦੇ ਫਿਰਦੇ ਸਾਓ ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ।